ਮਾਨ ਸਰਕਾਰ ਵੱਲੋਂ 62 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਨਾਲ ਸੈਰ ਸਪਾਟੇ ਨੂੰ ਹੁਲਾਰਾ
July 13, 2026
ਸੈਰ ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ
ਵਿਰਾਸਤ ਦੀ ਸੰਭਾਲ ਅਤੇ ਸੈਲਾਨੀਆਂ ਲਈ ਬਿਹਤਰ ਸਹੂਲਤਾਂ ਯਕੀਨੀ ਬਣਾਉਣ ਲਈ ਪ੍ਰਾਜੈਕਟ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼
Amanpreet Kaur / Chandigarh
ਚੰਡੀਗੜ੍ਹ, 13 ਜੁਲਾਈ: ਪੰਜਾਬ ਸਰਕਾਰ ਸੂਬੇ ਵਿੱਚ 62 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਸੈਰ ਸਪਾਟਾ ਅਤੇ ਵਿਰਾਸਤੀ ਬੁਨਿਆਦੀ ਢਾਂਚੇ ਦੇ ਪ੍ਰਾਜੈਕਟ ਸਥਾਪਤ ਕਰ ਰਹੀ ਹੈ ਤਾਂ ਜੋ ਸੈਰ ਸਪਾਟੇ ਨੂੰ ਹੁਲਾਰਾ ਦਿੱਤਾ ਜਾ ਸਕੇ, ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਿਆ ਜਾ ਸਕੇ ਅਤੇ ਆਰਥਿਕ ਵਿਕਾਸ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਸਕਣ। ਇਨ੍ਹਾਂ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਾਰੀਆਂ ਕਾਰਜਕਾਰੀ ਏਜੰਸੀਆਂ ਨੂੰ ਉੱਚ ਗੁਣਵੱਤਾ ਦੇ ਮਾਪਦੰਡਾਂ ਨੂੰ ਕਾਇਮ ਰੱਖਦਿਆਂ ਇਨ੍ਹਾਂ ਪ੍ਰਾਜੈਕਟਾਂ ਦੇ ਕੰਮ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਸੈਲਾਨੀਆਂ ਲਈ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਹੋਵੇਗਾ, ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਹੋਵੇਗੀ ਅਤੇ ਰੁਜ਼ਗਾਰ ਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ। ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸੇ ਵੀ ਪ੍ਰਾਜੈਕਟ ਦੀ ਗੁਣਵੱਤਾ ਨਾਲ ਸਮਝੌਤਾ ਕੀਤੇ ਬਿਨਾਂ ਨਿਰਧਾਰਤ ਸਮਾਂ ਸੀਮਾ ਅੰਦਰ ਕੰਮ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਦੀ ਵਿਲੱਖਣ ਸੱਭਿਆਚਾਰਕ ਪਛਾਣ ਨੂੰ ਸੰਭਾਲਣ ਦੀ ਦੂਰਅੰਦੇਸ਼ੀ ਸੋਚ ਨੂੰ ਸਾਕਾਰ ਕਰਦੀਆਂ ਹਨ। ਸੌਂਦ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਦੀ ਇਤਿਹਾਸਕ, ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਦੇਸ਼ ਅਤੇ ਵਿਦੇਸ਼ ਦੇ ਸੈਲਾਨੀਆਂ ਤੱਕ ਪਹੁੰਚਾਉਣ ਲਈ ਸੈਰ ਸਪਾਟਾ ਬੁਨਿਆਦੀ ਢਾਂਚੇ ਵਿੱਚ ਲਗਾਤਾਰ ਨਿਵੇਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਸੈਲਾਨੀਆਂ ਦਾ ਤਜਰਬਾ ਹੋਰ ਬਿਹਤਰ ਹੋਵੇਗਾ, ਸਥਾਨਕ ਆਰਥਿਕਤਾ ਨੂੰ ਹੁਲਾਰਾ ਮਿਲੇਗਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਲਗਭਗ 11 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦੇ ਪ੍ਰਵੇਸ਼ ਦੁਆਰ 'ਤੇ ਬਣਾਏ ਜਾ ਰਹੇ ਵਿਰਾਸਤੀ ਸੁਆਗਤ ਗੇਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸੂਬੇ ਵਿੱਚ ਦਾਖਲ ਹੋਣ ਵਾਲੇ ਸੈਲਾਨੀਆਂ ਲਈ ਸ਼ਾਨਦਾਰ ਅਤੇ ਆਕਰਸ਼ਕ ਪ੍ਰਵੇਸ਼ ਦੁਆਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ 8.30 ਕਰੋੜ ਰੁਪਏ ਦੀ ਲਾਗਤ ਵਾਲੇ ਮਲੋਟ ਕਰਾਫਟ ਕੋਰੀਡੋਰ ਪ੍ਰਾਜੈਕਟ ਦੀ ਵੀ ਸਮੀਖਿਆ ਕੀਤੀ। ਇਹ ਪ੍ਰਾਜੈਕਟ ਪੰਜਾਬ ਦੀਆਂ ਰਵਾਇਤੀ ਕਲਾਵਾਂ ਨੂੰ ਉਤਸ਼ਾਹਿਤ ਕਰਨ, ਸਥਾਨਕ ਕਾਰੀਗਰਾਂ ਨੂੰ ਸਹਾਰਾ ਦੇਣ ਅਤੇ ਸੈਲਾਨੀਆਂ ਲਈ ਇੱਕ ਆਕਰਸ਼ਕ ਸੱਭਿਆਚਾਰਕ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਮੰਤਰੀ ਨੇ ਸੰਗਰੂਰ ਜ਼ਿਲ੍ਹੇ ਦੇ ਸੁਨਾਮ ਸ਼ਹਿਰ ਦੇ ਪ੍ਰਵੇਸ਼ ਦੁਆਰ 'ਤੇ ਯਾਦਗਾਰੀ ਗੇਟ ਦੀ ਉਸਾਰੀ, ਸ਼ਹੀਦ ਊਧਮ ਸਿੰਘ ਮੈਮੋਰੀਅਲ ਮਿਊਜ਼ੀਅਮ ਦੇ ਵਿਸਥਾਰ ਅਤੇ ਆਡੀਟੋਰੀਅਮ ਦੀ ਉਸਾਰੀ ਲਈ 14.30 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਮਹਾਨ ਸ਼ਹੀਦ ਨੂੰ ਸੱਚੀ ਸ਼ਰਧਾਂਜਲੀ ਦੇਣ ਦੇ ਨਾਲ-ਨਾਲ ਸੂਬੇ ਦੇ ਵਿਰਾਸਤੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰੇਗਾ। ਸੌਂਦ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਦੀ ਹੈਰੀਟੇਜ ਸਟਰੀਟ ਦੇ ਵਿਕਾਸ ਅਤੇ ਸੁੰਦਰੀਕਰਨ ਲਈ 9 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਸ਼ਰਧਾਲੂਆਂ ਅਤੇ ਸੈਲਾਨੀਆਂ ਨੂੰ ਬਿਹਤਰ ਆਧਿਆਤਮਿਕ ਅਤੇ ਸੈਰ ਸਪਾਟਾ ਅਨੁਭਵ ਮਿਲੇਗਾ। ਕਪੂਰਥਲਾ ਜ਼ਿਲ੍ਹੇ ਦੀ ਕਾਂਜਲੀ ਵੈਟਲੈਂਡ ਵਿਖੇ 20 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤੇ ਜਾ ਰਹੇ ਈਕੋ ਟੂਰਿਜ਼ਮ ਐਕਸਪੀਰੀਅੰਸ ਪ੍ਰਾਜੈਕਟ ਦੀ ਵੀ ਸਮੀਖਿਆ ਕੀਤੀ ਗਈ, ਜਿਸ ਵਿੱਚ ਪੰਜ ਸਾਲਾਂ ਲਈ ਇਸ ਦਾ ਸੰਚਾਲਨ, ਰੱਖ-ਰਖਾਅ ਅਤੇ ਪ੍ਰਬੰਧਨ ਵੀ ਸ਼ਾਮਲ ਹੈ। ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਵਾਤਾਵਰਣ ਪੱਖੀ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਇਸ ਮਹੱਤਵਪੂਰਨ ਵੈਟਲੈਂਡ ਦੀ ਸੰਭਾਲ ਵੀ ਯਕੀਨੀ ਬਣਾਏਗਾ। ਸਮੇਂ ਸਿਰ ਪ੍ਰਾਜੈਕਟ ਮੁਕੰਮਲ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਸੌਂਦ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਕੰਮਾਂ ਦੀ ਨਿਯਮਤ ਨਿਗਰਾਨੀ ਕੀਤੀ ਜਾਵੇ, ਕਿਸੇ ਵੀ ਰੁਕਾਵਟ ਦਾ ਤੁਰੰਤ ਹੱਲ ਕੀਤਾ ਜਾਵੇ ਅਤੇ ਉਸਾਰੀ ਤੇ ਵਿਕਾਸ ਕਾਰਜਾਂ ਵਿੱਚ ਉੱਚ ਗੁਣਵੱਤਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਪ੍ਰਾਜੈਕਟ ਨਿਰਧਾਰਤ ਸਮੇਂ ਅੰਦਰ ਮੁਕੰਮਲ ਹੋਣੇ ਚਾਹੀਦੇ ਹਨ ਤਾਂ ਜੋ ਲੋਕਾਂ ਨੂੰ ਜਲਦੀ ਤੋਂ ਜਲਦੀ ਬਿਹਤਰ ਸੈਰ ਸਪਾਟਾ ਸਹੂਲਤਾਂ ਦਾ ਲਾਭ ਮਿਲ ਸਕੇ। ਮੀਟਿੰਗ ਵਿੱਚ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਕੱਤਰ ਸ੍ਰੀ ਕੁਮਾਰ ਅਮਿਤ, ਡਾਇਰੈਕਟਰ ਸ੍ਰੀ ਸੰਜੀਵ ਤਿਵਾੜੀ ਅਤੇ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।Mann Government Boosts Tourism With Infrastructure Projects Worth Rs 62 Crore
Comments
Recommended Stories
Latest
Crime News
Most Visited Stories